ਬਰਨਾਲਾ ਪੁਲਿਸ ਵੱਲੋਂ ਮਾਨਸਾ ਜਾ ਰਹੇ ਸਾਬਕਾ ਮੁੱਖ ਮੰਤਰੀ ਅਤੇ ਸਾਂਸਦ ਚਰਨਜੀਤ ਸਿੰਘ ਚੰਨੀ ਨੂੰ ਰਸਤੇ ਵਿੱਚ ਰੋਕਣ ਦੀ ਕੋਸ਼ਿਸ਼

ਬਰਨਾਲਾ ਪੁਲਿਸ ਵੱਲੋਂ ਮਾਨਸਾ ਜਾ ਰਹੇ ਸਾਬਕਾ ਮੁੱਖ ਮੰਤਰੀ ਅਤੇ ਸਾਂਸਦ ਚਰਨਜੀਤ ਸਿੰਘ ਚੰਨੀ ਨੂੰ ਰਸਤੇ ਵਿੱਚ ਰੋਕਣ ਦੀ ਕੋਸ਼ਿਸ਼

ਬਰਨਾਲਾ ,14 ਅਕਤੂਬਰ 
ਨਜ਼ਰਾਨਾ ਟਾਈਮਜ਼ ਬਿਓਰੋ 

​:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਸਾਂਸਦ ਚਰਨਜੀਤ ਸਿੰਘ ਚੰਨੀ ਨੂੰ ਬੀਤੇ ਕੱਲ੍ਹ ਬਰਨਾਲਾ ਪੁਲਿਸ ਵੱਲੋਂ ਹੰਡਿਆਇਆ ਨੇੜੇ ਬਰਨਾਲਾ-ਮਾਨਸਾ ਸੜਕ 'ਤੇ ਕੀਤੀ ਬੈਰੀਕੇਡਿੰਗ‌ ਦੌਰਾਨ ਉਸ ਸਮੇਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਜਦੋਂ ਉਹ ਪਿਛਲੇ ਦਿਨੀਂ ਬੇਰਹਿਮੀ ਨਾਲ ਕਤਲ ਕੀਤੇ ਗਏ ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਅਤੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਹਮਦਰਦੀ ਪ੍ਰਗਟ ਕਰਨ ਲਈ ਮਾਨਸਾ ਜਾ ਰਹੇ ਸਨ।ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਹੋਰ ਕਾਂਗਰਸੀ ਆਗੂ ਵੀ ਉਹਨਾਂ ਦੇ ਨਾਲ ਸਨ।

ਪੁਲਿਸ ਵੱਲੋਂ ਨਾਕਾ ਲਾ ਕੇ ਰੋਕੇ ਜਾਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਤਿੱਖੀ ਬਹਿਸ ਹੋਈ।ਜਿਸ ਕਾਰਨ ਮੌਕੇ ‘ਤੇ ਮਾਹੌਲ ਕਾਫ਼ੀ ਗਰਮਾ ਗਿਆ ਅਤੇ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ।ਹਾਲਾਂਕਿ ਬਾਅਦ ਵਿੱਚ ਖੁਦ ਬੈਰੀਕੇਡਿੰਗ ਹਟਾਉਣ ਉਪਰੰਤ ਚਰਨਜੀਤ ਸਿੰਘ ਚੰਨੀ ਸਾਥੀਆਂ ਸਮੇਤ ਮਾਨਸਾ ਵੱਲ ਰਵਾਨਾ ਹੋ ਗਏ।

ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲਿਆ ਅਤੇ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਇਲਜ਼ਾਮ ਲਾਇਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਚੁੱਕੀ ਹੈ ਅਤੇ ਸੂਬੇ ਵਿੱਚ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਾ ਤਸਕਰਾਂ ਅਤੇ ਅਸਲ ਦੋਸ਼ੀਆਂ ਨੂੰ ਨੱਥ ਪਾਉਣ ਦੀ ਬਜਾਏ ਸੱਚ ਦੀ ਆਵਾਜ਼ ਚੁੱਕਣ ਵਾਲਿਆਂ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਆਵਾਜ਼ ਨੂੰ ਦਬਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਇੱਕ ਪੀੜਿਤ ਪਰਿਵਾਰ ਨਾਲ ਮਿਲਣ ਜਾਣਾ ਵੀ ਅਪਰਾਧ ਬਣ ਗਿਆ ਹੈ, ਤਾਂ ਫਿਰ ਸੂਬੇ ਵਿੱਚ ਲੋਕਤੰਤਰ ਕਿੱਥੇ ਰਹਿ ਗਿਆ ਹੈ?

​ ਚਰਨਜੀਤ ਸਿੰਘ ਚੰਨੀ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ ਦੇ ਅਸਲ ਸਾਜ਼ਿਸ਼ ਘਾੜਿਆਂ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸੂਬਾ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਰਬਾਦ ਹੋਣੋਂ ਬਚਾਉਣ ਲਈ ਆਪਣੀ ਬਣਦੀ ਜਵਾਬਦੇਹੀ ਤੈਅ ਕਰੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਾਂਗਰਸ ਪਾਰਟੀ ਪੀੜਿਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਧੱਕੇਸ਼ਾਹੀ ਵਾਲੇ ਰਵੱਈਏ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦਾ ਹਵਾਲਾ ਦੇ ਕੇ ਨੇਤਾਵਾਂ ਨੂੰ ਰੋਕਣ ਦੀ ਇਸ ਕਾਰਵਾਈ ਖ਼ਿਲਾਫ਼ ਵਿਰੋਧੀ ਧਿਰ ਵੱਲੋਂ ਲਗਾਤਾਰ ਰੋਹ ਪ੍ਰਗਟਾਇਆ ਜਾ ਰਿਹਾ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.