ਨਾਜਾਇਜ਼ ਪਟਾਕਾ ਸਟੋਰੇਜ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ, ਕੋਟੂ ਚੌਂਕ ਵਿਖੇ ਗੋਦਾਮ ਸੀਲ
- ਰਾਸ਼ਟਰੀ
- (Asia/Kolkata)
ਐੱਸਡੀਐੱਮ ਇਰਵਿਨ ਕੌਰ ਦੀ ਅਗਵਾਈ ਹੇਠ ਵੱਖ-ਵੱਖ ਇਲਾਕਿਆਂ ’ਚ ਛਾਪੇਮਾਰੀ
ਅਧਿਕਾਰੀਆਂ ਦੀ ਚਿਤਾਵਨੀ—ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
ਕਪੂਰਥਲਾ, 31 ਅਕਤੂਬਰ, ਗੌਰਵ ਮੜੀਆ।
ਤਿਉਹਾਰਾਂ ਦੇ ਸੀਜ਼ਨ ਦੌਰਾਨ ਨਾਜਾਇਜ਼ ਪਟਾਕੇ ਸਟੋਰ ਕਰਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਹਰਕਤ ਵਿੱਚ ਆ ਗਿਆ ਹੈ। ਸ਼ਨੀਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਪਟਾਕੇ ਸਟੋਰ ਕਰਨ ਵਾਲੀਆਂ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਦੌਰਾਨ ਕੋਟੂ ਚੌਂਕ ਵਿਖੇ ਨਾਜਾਇਜ਼ ਤੌਰ ’ਤੇ ਪਟਾਕੇ ਸਟੋਰ ਕਰਨ ਲਈ ਵਰਤੇ ਜਾ ਰਹੇ ਇੱਕ ਗੋਦਾਮ ਨੂੰ ਸੀਲ ਕਰ ਦਿੱਤਾ ਗਿਆ ਅਤੇ ਸਬੰਧਤ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ।
ਜਾਣਕਾਰੀ ਅਨੁਸਾਰ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਕਾਰਵਾਈ ਲਈ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ। ਇਸ ਟੀਮ ਵਿੱਚ ਐੱਸਡੀਐੱਮ ਇਰਵਿਨ ਕੌਰ, ਡੀਐੱਸਪੀ ਸਬ-ਡਿਵੀਜ਼ਨ ਸ਼ੀਤਲ ਸਿੰਘ, ਤਹਿਸੀਲਦਾਰ ਰਾਜੀਵ ਖੰਨਾ,ਐੱਸਐੱਚਓ ਸਿਟੀ ਰਣਜੀਤ ਸਿੰਘ ਅਤੇ ਨਗਰ ਨਿਗਮ ਦਾ ਤਹਿ ਬਾਜ਼ਾਰੀ ਦਾ ਅਮਲਾ ਸ਼ਾਮਲ ਸੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾਂਚ ਕਰਦਿਆਂ ਪਟਾਕਿਆਂ ਦੀ ਗੈਰ-ਕਾਨੂੰਨੀ ਸਟੋਰੇਜ ਸਬੰਧੀ ਜਾਣਕਾਰੀ ਇਕੱਠੀ ਕੀਤੀ ਗਈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਥਾਵਾਂ ਵਿਰੁੱਧ ਕਾਰਵਾਈ ਕੀਤੀ ਗਈ।

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਪਟਾਕਿਆਂ ਨੂੰ ਬਿਨਾਂ ਲੋੜੀਂਦੀ ਮਨਜ਼ੂਰੀ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੇ ਸਟੋਰ ਕਰਨਾ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਗੰਭੀਰ ਖ਼ਤਰਾ ਬਣ ਸਕਦਾ ਹੈ। ਇਸ ਲਈ ਕਿਸੇ ਵੀ ਵਿਅਕਤੀ ਨੂੰ ਨਾਜਾਇਜ਼ ਤੌਰ ’ਤੇ ਪਟਾਕੇ ਸਟੋਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜਿਹੜੇ ਲੋਕ ਗੈਰ-ਕਾਨੂੰਨੀ ਢੰਗ ਨਾਲ ਪਟਾਕੇ ਸਟੋਰ ਕਰ ਰਹੇ ਹਨ, ਉਹ ਅਜਿਹਾ ਕਰਨਾ ਤੁਰੰਤ ਬੰਦ ਕਰ ਦੇਣ। ਜੇਕਰ ਕੋਈ ਵਿਅਕਤੀ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਮਾਮਲੇ ਦੀ ਗੰਭੀਰਤਾ ਦੇ ਆਧਾਰ ’ਤੇ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅਜਿਹੀਆਂ ਛਾਪੇਮਾਰੀਆਂ ਲਗਾਤਾਰ ਜਾਰੀ ਰਹਿਣਗੀਆਂ, ਤਾਂ ਜੋ ਗੈਰ-ਕਾਨੂੰਨੀ ਪਟਾਕਾ ਸਟੋਰੇਜ ’ਤੇ ਰੋਕ ਲਗਾਈ ਜਾ ਸਕੇ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
Leave a Reply