15 ਅਕਤੂਬਰ ਦੇ ਪੰਜਾਬ ਬੰਦ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸ਼ਾਮਚੁਰਾਸੀ ਟੀਮ ਦਾ ਸਮਰਥਨ
- ਰਾਜਨੀਤੀ
- (Asia/Kolkata)
ਹੁਸ਼ਿਆਰਪੁਰ, 14 ਅਕਤੂਬਰ (ਪ.ਪ.): ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਹਲਕਾ ਸ਼ਾਮਚੁਰਾਸੀ ਟੀਮ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ ਕਰਦਿਆਂ 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ ਹੈ। ਪਾਰਟੀ ਦੇ ਡਗਾਣਾ ਰੋਡ, ਪਿੱਪਲਾਂਵਾਲਾ ਸਥਿਤ ਦਫ਼ਤਰ ਵਿੱਚ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਵੱਖ-ਵੱਖ ਧਿਰਾਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਬਾਰੇ ਵਿਚਾਰ ਕੀਤਾ ਗਿਆ।
ਮੀਟਿੰਗ ਵਿੱਚ ਭਾਈ ਭੁਪਿੰਦਰ ਸਿੰਘ ਸੱਜਣ ਅਤੇ ਸਮੁੱਚੀ ਟੀਮ ਨੇ ਇਕਮਤ ਹੁੰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦ੍ਰਿੜਤਾ ਨਾਲ ਨਸ਼ਿਆਂ ਵਿਰੁੱਧ ਲੜ ਰਹੇ ਸਨ। ਉਨ੍ਹਾਂ ਨੇ ਝੋਟਾ ਨੂੰ ਸ਼ਹੀਦ ਦੱਸਦਿਆਂ ਦੋਸ਼ ਲਾਇਆ ਕਿ ਸਰਕਾਰੀ ਸ਼ਹਿ ਪ੍ਰਾਪਤ ਤਾਕਤਾਂ ਨੇ ਉਨ੍ਹਾਂ ਦਾ ਕਤਲ ਕੀਤਾ ਹੈ।
ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਹਾਲਾਤ ਸੁਧਾਰਨ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਸਮੂਹ ਪੰਜਾਬੀਆਂ ਅਤੇ ਹਲਕਾ ਵਾਸੀਆਂ ਨੂੰ 15 ਅਕਤੂਬਰ ਨੂੰ ਵੱਡੀ ਗਿਣਤੀ ਵਿੱਚ ਘਰਾਂ ਤੋਂ ਬਾਹਰ ਨਿਕਲ ਕੇ ਪੰਜਾਬ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ।
ਸਵੇਰੇ 8:30 ਵਜੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਇਕੱਠ ਦਾ ਸੱਦਾ
ਭਾਈ ਭੁਪਿੰਦਰ ਸਿੰਘ ਸੱਜਣ ਨੇ ਇਲਾਕਾ ਵਾਸੀਆਂ ਨੂੰ ਸਵੇਰੇ ਠੀਕ 8:30 ਵਜੇ ਰੋਸ਼ਨ ਗਰਾਊਂਡ ਨੇੜੇ ਗੁਰਦੁਆਰਾ ਕਲਗੀਧਰ ਸਾਹਿਬ, ਹੁਸ਼ਿਆਰਪੁਰ ਵਿਖੇ ਪਹੁੰਚਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਉੱਥੇ ਇਕੱਠੇ ਹੋਣ ਮਗਰੋਂ ਮਾਰਚ ਕੀਤਾ ਜਾਵੇਗਾ।
ਮੀਟਿੰਗ ਵਿੱਚ ਪ੍ਰਭਜੋਤ ਸਿੰਘ, ਜਗਜੀਤ ਸਿੰਘ, ਹਰਪ੍ਰੀਤ ਸਿੰਘ, ਦਲਜੀਤ ਸਿੰਘ ਮਾਨ, ਹਰਮਿੰਦਰ ਸਿੰਘ, ਅਨਮੋਲ ਸਿੰਘ, ਕੁਲਵੰਤ ਸਿੰਘ ਨਸਰਾਲਾ, ਸਰਬਜੀਤ ਸਿੰਘ ਪੰਡੋਰੀ, ਬਲਵੀਰ ਸਿੰਘ ਪੰਡੋਰੀ, ਮਨਜੀਤ ਸਿੰਘ ਬਡਾਲਾ ਮਾਹੀ, ਸੰਦੀਪ ਸਿੰਘ, ਸਾਬੀ ਨਵੇਂ ਘਰ, ਅਮਰਜੀਤ ਸਿੰਘ ਨਵੇਂ ਘਰ, ਅਮਰਜੀਤ ਕੌਰ ਅਤੇ ਮਨੁਰੀਤ ਸ਼ਰਮਾ ਆਦਿ ਹਾਜ਼ਰ ਸਨ।