ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਚੰਡੀਗੜ੍ਹ ਕਿਸਾਨ ਭਵਨ ਵਿਖੇ ਮੀਟਿੰਗ;
14 ਸਤੰਬਰ ਤੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਮੋਰਚੇ ਲਾਉਣ ਦਾ ਐਲਾਨ
ਮੋਰਚੇ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤੇ 16 ਸਤੰਬਰ ਨੂੰ ਮੀਟਿੰਗ ਸੱਦ ਕੇ ਤਿੱਖਾ ਅੰਦੋਲਨ ਕਰਨ ਦਾ ਫੈਸਲਾ ਕੀਤਾ ਜਾਵੇਗਾ।
ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਫ਼ਸਲਾਂ ਦੀ ਐੱਮ.ਐੱਸ.ਪੀ. ’ਤੇ ਖਰੀਦ, ਹੜ੍ਹਾਂ ਅਤੇ ਪਾਣੀ ਦੇ ਸੰਕਟ ਸਮੇਤ 23 ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਇੱਕ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਬਲਦੇਵ ਸਿੰਘ ਜੀਰਾ ਨੇ ਕੀਤੀ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਕੇ ਮੋਰਚੇ ਵੱਲੋਂ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਆਉਣ ਵਾਲੇ ਸਮੇਂ ਵਿੱਚ ਕੀਤੇ ਜਾਣ ਵਾਲੇ ਸੰਘਰਸ਼ਾਂ ਦਾ ਐਲਾਨ ਕੀਤਾ ਗਿਆ।
ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਭਰ ਵਿੱਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਹੋਰ ਵਰਗਾਂ ਵੱਲੋਂ ਆਪਣੇ ਹੱਕਾਂ ਲਈ ਚਲਾਏ ਜਾ ਰਹੇ ਸਾਰੇ ਸੰਘਰਸ਼ਾਂ ਦਾ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵੱਲੋਂ ਪੂਰਨ ਸਮਰਥਨ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੰਘਰਸ਼ਸ਼ੀਲ ਧਿਰਾਂ ਨਾਲ ਤੁਰੰਤ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ।
ਮੀਟਿੰਗ ਵਿੱਚ ਹੇਠ ਲਿਖੀਆਂ ਮੰਗਾਂ ਤੇ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ
1. ਫ਼ਸਲਾਂ ਦੀ ਐੱਮ.ਐੱਸ.ਪੀ. ’ਤੇ ਖਰੀਦ:
ਪੰਜਾਬ ਸਰਕਾਰ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਦੀ ਫ਼ਸਲ ਦੀ ਆਪਣੇ ਪੱਧਰ ’ਤੇ ਐੱਮ.ਐੱਸ.ਪੀ. ਤੋਂ ਘੱਟ ਕੀਮਤ ’ਤੇ ਖਰੀਦ ਨਾ ਹੋਣ ਨੂੰ ਯਕੀਨੀ ਬਣਾਵੇ ਅਤੇ ਇਨ੍ਹਾਂ ਫ਼ਸਲਾਂ ਦੀ ਐੱਮ.ਐੱਸ.ਪੀ. ’ਤੇ ਸਰਕਾਰੀ ਖਰੀਦ ਕੀਤੀ ਜਾਵੇ।
2. ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ:
ਕਿਸਾਨਾਂ ਅਤੇ ਮਜ਼ਦੂਰਾਂ ਦੀ ਕੁੱਲ ਕਰਜ਼ਾ ਮੁਕਤੀ ਕੀਤੀ ਜਾਵੇ। ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
3. ਹੜ੍ਹਾਂ, ਧਰਤੀ ਹੇਠਲੇ ਪਾਣੀ ਅਤੇ ਪ੍ਰਦੂਸ਼ਣ ਦਾ ਸੰਕਟ:
ਪੰਜਾਬ ਅੰਦਰ ਹੜ੍ਹਾਂ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਹਵਾ ਤੇ ਪਾਣੀ ਦੇ ਵਧ ਰਹੇ ਪ੍ਰਦੂਸ਼ਣ ਦੇ ਸੰਕਟ ਨੂੰ ਹੱਲ ਕਰਨ ਲਈ ਪ੍ਰਭਾਵਸ਼ਾਲੀ ਨੀਤੀ ਬਣਾਈ ਜਾਵੇ। ਦਰਿਆਈ ਪਾਣੀਆਂ ਦੀ ਵੰਡ ਰਾਇਪੇਰੀਅਨ ਸਿਧਾਂਤ ਅਨੁਸਾਰ ਕੀਤੀ ਜਾਵੇ।
4. ਕੇਂਦਰੀ ਕਾਨੂੰਨਾਂ ਦਾ ਵਿਰੋਧ:
ਬੀਜ ਐਕਟ-2025, ਸਹਿਕਾਰਤਾ ਕਾਨੂੰਨ-2026, ਮਨਰੇਗਾ ਨੂੰ ਤੋੜ ਕੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਜੀ. ਰਾਮ. ਜੀ. ਕਾਨੂੰਨ ਅਤੇ ਬਿਜਲੀ ਸੋਧ ਬਿੱਲ-2025 ਨੂੰ ਪੰਜਾਬ ਵਿਧਾਨ ਸਭਾ ਵਿੱਚ ਰੱਦ ਕਰਨ ਲਈ ਮਤੇ ਪਾਸ ਕੀਤੇ ਜਾਣ। ਪੰਜਾਬ ਵਿੱਚ ਪ੍ਰੀਪੇਡ ਬਿਜਲੀ ਮੀਟਰ ਲਗਾਉਣੇ ਤੁਰੰਤ ਬੰਦ ਕੀਤੇ ਜਾਣ।
5. ਭਾਰਤ-ਅਮਰੀਕਾ ਵਪਾਰਕ ਸਮਝੌਤੇ ਵਿਰੁੱਧ ਮਤਾ:
ਪੰਜਾਬ ਸਰਕਾਰ ਭਾਰਤ-ਅਮਰੀਕਾ ਵਪਾਰਕ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰੇ।
6. ਸ਼ੰਭੂ ਅਤੇ ਖਨੌਰੀ ਮੋਰਚਿਆਂ ਦਾ ਸਮਾਨ ਵਾਪਸ ਕੀਤਾ ਜਾਵੇ:
ਸ਼ੰਭੂ ਅਤੇ ਖਨੌਰੀ ਮੋਰਚਿਆਂ ਤੋਂ ਕਿਸਾਨਾਂ ਦੀਆਂ ਟਰਾਲੀਆਂ ਸਮੇਤ ਜਿਹੜਾ ਵੀ ਸਮਾਨ ਲੁੱਟਿਆ ਜਾਂ ਜ਼ਬਤ ਕੀਤਾ ਗਿਆ ਹੈ, ਉਹ ਸਾਰਾ ਸਮਾਨ ਤੁਰੰਤ ਵਾਪਸ ਕੀਤਾ ਜਾਵੇ।
7. ਆਬਾਦਕਾਰਾਂ ਨੂੰ ਮਾਲਕੀ ਹੱਕ:
ਹਰ ਕਿਸਮ ਦੇ ਆਬਾਦਕਾਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਉਨ੍ਹਾਂ ਵੱਲੋਂ ਵਾਹੀ-ਬੀਜੀ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ।
8. ਅੰਦੋਲਨਾਂ ਦੌਰਾਨ ਦਰਜ ਪਰਚੇ ਰੱਦ ਕੀਤੇ ਜਾਣ:
ਕਿਸਾਨਾਂ-ਮਜ਼ਦੂਰਾਂ ਦੇ ਅੰਦੋਲਨਾਂ ਦੌਰਾਨ ਪੁਲਿਸ ਅਤੇ ਰੇਲਵੇ ਵੱਲੋਂ ਦਰਜ ਕੀਤੇ ਗਏ ਸਾਰੇ ਪਰਚੇ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਸਬੰਧੀ ਦਰਜ ਪਰਚੇ ਰੱਦ ਕੀਤੇ ਜਾਣ। ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ।
9. ਲੈਂਡ ਪੂਲਿੰਗ ਅਤੇ ਭਾਰਤਮਾਲਾ ਪ੍ਰੋਜੈਕਟ:
ਲੈਂਡ ਪੂਲਿੰਗ ਨੀਤੀ ਤੁਰੰਤ ਵਾਪਸ ਲਈ ਜਾਵੇ ਅਤੇ ਭਾਰਤਮਾਲਾ ਪ੍ਰੋਜੈਕਟ ਲਈ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਧੱਕੇ ਨਾਲ ਕਬਜ਼ਾ ਕਰਨਾ ਬੰਦ ਕੀਤਾ ਜਾਵੇ।
10. ਨਸ਼ਿਆਂ ’ਤੇ ਕਾਬੂ ਅਤੇ ਰੁਜ਼ਗਾਰ:
ਪੰਜਾਬ ਵਿੱਚ ਨਸ਼ਿਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾਵੇ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਪੱਕੇ ਅਤੇ ਢੁੱਕਵੇਂ ਪ੍ਰਬੰਧ ਕੀਤੇ ਜਾਣ।
11. ਡਰੋਨ ਰਾਹੀਂ ਪਿੰਡਾਂ ਦੀ ਮੈਪਿੰਗ ਬੰਦ ਕੀਤੀ ਜਾਵੇ:
ਪੰਜਾਬ ਵਿੱਚ ਵੱਖ-ਵੱਖ ਜ਼ੋਨ ਬਣਾਉਣ ਦੇ ਨਾਮ ’ਤੇ ਨਿੱਜੀ ਅਦਾਰਿਆਂ ਵੱਲੋਂ ਪਿੰਡਾਂ ਦੀ ਡਰੋਨਾਂ ਰਾਹੀਂ, ਪਿੰਡ ਵਾਸੀਆਂ ਦੀ ਸਹਿਮਤੀ ਤੋਂ ਬਿਨਾਂ, ਕੀਤੀ ਜਾ ਰਹੀ ਮੈਪਿੰਗ ਤੁਰੰਤ ਬੰਦ ਕੀਤੀ ਜਾਵੇ।
12. ਪਾਕਿਸਤਾਨ ਨਾਲ ਵਪਾਰਕ ਲਾਂਘਾ ਖੋਲ੍ਹਿਆ ਜਾਵੇ:
ਗੁਆਂਢੀ ਮੁਲਕ ਪਾਕਿਸਤਾਨ ਨਾਲ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਵਪਾਰਕ ਲਾਂਘਾ ਖੋਲ੍ਹਿਆ ਜਾਵੇ, ਤਾਂ ਜੋ ਪੰਜਾਬ ਦੇ ਕਿਸਾਨਾਂ, ਵਪਾਰੀਆਂ ਅਤੇ ਉਦਯੋਗ ਨੂੰ ਨਵੇਂ ਬਾਜ਼ਾਰ ਮਿਲ ਸਕਣ।
ਝੋਨੇ ਦੀ ਫ਼ਸਲ ਲਈ ਬਿਜਲੀ ਅਤੇ ਖਾਦਾਂ ਦੇ ਸੰਕਟ ਦਾ ਤੁਰੰਤ ਹੱਲ ਕਰਨ ਦੀ ਮੰਗ
ਮੀਟਿੰਗ ਵਿੱਚ ਇੱਕ ਹੋਰ ਮਤਾ ਪਾਸ ਕਰਦਿਆਂ ਕਿਹਾ ਗਿਆ ਕਿ ਝੋਨੇ ਦੀ ਫ਼ਸਲ ਪੱਕਣ ਦੇ ਸਮੇਂ ਪਾਣੀ ਦੀ ਸਖ਼ਤ ਲੋੜ ਹੈ, ਪਰ ਪੰਜਾਬ ਵਿੱਚ ਬਿਜਲੀ ਦੀ ਸਪਲਾਈ ਲਗਾਤਾਰ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਫ਼ਸਲਾਂ ਦੇ ਨੁਕਸਾਨ ਦਾ ਖ਼ਤਰਾ ਵਧ ਰਿਹਾ ਹੈ। ਸਰਕਾਰ ਇਸ ਸਮੱਸਿਆ ਦਾ ਤੁਰੰਤ ਹੱਲ ਕਰੇ ਅਤੇ ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵੇ।
ਇਸੇ ਤਰ੍ਹਾਂ ਪੰਜਾਬ ਵਿੱਚ ਡੀ.ਏ.ਪੀ. ਅਤੇ ਯੂਰੀਆ ਖਾਦਾਂ ਦਾ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ। ਮੋਰਚੇ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਨਾਲ ਗੱਲ ਕਰਕੇ ਖਾਦਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਖਾਦਾਂ ਦੀ ਘਾਟ ਕਾਰਨ ਪ੍ਰੇਸ਼ਾਨ ਨਾ ਹੋਣਾ ਪਵੇ।
14 ਸਤੰਬਰ ਤੋਂ ਮੰਤਰੀਆਂ ਦੇ ਘਰਾਂ ਅੱਗੇ ਮੋਰਚੇ
ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵੱਲੋਂ ਐਲਾਨ ਕੀਤਾ ਗਿਆ ਕਿ ਉਪਰੋਕਤ ਮੰਗਾਂ ਨੂੰ ਲੈ ਕੇ 14 ਸਤੰਬਰ 2026 ਤੋਂ ਪੰਜਾਬ ਸਰਕਾਰ ਦੇ ਸਬੰਧਤ ਮੰਤਰੀਆਂ ਅਤੇ ਆਗੂਆਂ ਦੇ ਘਰਾਂ ਅੱਗੇ ਮੋਰਚੇ ਲਗਾਏ ਜਾਣਗੇ।
ਮਾਝਾ:
ਖੁਰਾਕ ਤੇ ਸਪਲਾਈ ਮੰਤਰੀ ਲਾਲ ਸਿੰਘ ਕਟਾਰੂਚੱਕ — ਪਠਾਨਕੋਟ
ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਮੰਤਰੀ ਹਰਭਜਨ ਸਿੰਘ ਈ.ਟੀ.ਓ. — ਨਿਊ ਅੰਮ੍ਰਿਤਸਰ
ਦੋਆਬਾ:
ਫ਼ਰੀਡਮ ਫ਼ਾਈਟਰ ਵੈਲਫੇਅਰ ਮੰਤਰੀ ਮਹਿੰਦਰ ਭਗਤ — ਜਲੰਧਰ
ਮਾਲਵਾ:
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ — ਸੁਨਾਮ, ਸੰਗਰੂਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ — ਫ਼ਰੀਦਕੋਟ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ — ਮੁਕਤਸਰ
ਕਿਸਾਨ ਮਜ਼ਦੂਰ ਮੋਰਚਾ ਨੇ ਕਿਹਾ ਕਿ ਇਹ ਸੰਘਰਸ਼ ਲੋਕਾਂ ਦੀਆਂ ਉਪਰੋਕਤ ਮੰਗਾਂ ਦਾ ਹੱਲ ਹੋਣ ਤੱਕ ਜਾਰੀ ਰਹੇਗਾ ਅਤੇ ਪੰਜਾਬ ਸਰਕਾਰ ਨੂੰ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਗੱਲਬਾਤ ਦਾ ਰਾਹ ਅਪਣਾਉਣਾ ਚਾਹੀਦਾ ਹੈ।
ਮੀਟਿੰਗ ਵਿੱਚ ਸਰਵਣ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ, ਉਂਕਾਰ ਸਿੰਘ ਪੁਰਾਣਾ ਭੰਗਾਲਾ, ਮਨਜੀਤ ਸਿੰਘ ਰਾਏ, ਬਲਦੇਵ ਸਿੰਘ ਜੀਰਾ, ਕੁਲਵੰਤ ਸਿੰਘ, ਚਮਕੌਰ ਸਿੰਘ ਉਸਮਾਨ ਵਾਲਾ, ਮਲਕੀਤ ਸਿੰਘ ਗੁਲਾਮੀ ਵਾਲਾ, ਬਲਕਾਰ ਸਿੰਘ ਬੈਂਸ, ਕੁਲਵਿੰਦਰ ਸਿੰਘ ਸੋਨੀ, ਗੁਰਵਿੰਦਰ ਸਿੰਘ ਲਹਿਰ, ਬਾਬਾ ਗੁਰਦੇਵ ਸਿੰਘ ਦਸੂਹਾ ਅਤੇ ਰਣਜੀਤ ਸਿੰਘ ਧਨੋਆ ਹਾਜ਼ਰ ਰਹੇ।
Posted By: GURBHEJ SINGH ANANDPURI