ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਗਤਾਂ ਨੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ...
- ਧਾਰਮਿਕ
- (Asia/Kolkata)
ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਨਵੰਬਰ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੇ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਗਿਆਨੀ ਸੁਖਬੀਰ ਸਿੰਘ ਜੀ ਡੇਰਾ ਬਾਬਾ ਨਾਲਕ (ਗੁਰਦਾਸਪੁਰ) ਵਾਲਿਆਂ ਦੇ ਇੰਟਰਨੈਸ਼ਨਲ ਕਵੀਸ਼ਰੀ ਜੱਥੇ ਨੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਵਿੱਚ ਸੁਣਾਇਆ। ਉਨਾਂ ਨੇ 90 ਸਾਲ ਦੀ ਉਮਰ ਵਿੱਚ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੁਆਰਾ ਦੇਸ਼ ਕੌਮ ਅਤੇ ਧਰਮ ਬਚਾਉਣ ਖਾਤਿਰ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਲਖਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਤਪਾਲ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਭਾਈ ਬੇਅੰਤ ਸਿੰਘ ਸ੍ਰੀ ਮੁਕਤਸਰ ਸਾਹਿਬ, ਭਾਈ ਸੁਲਤਾਨ ਸਿੰਘ ਜੀ ਸ੍ਰੀ ਨਾਨਕਸਰ ਸਾਹਿਬ ਜੀ, ਭਾਈ ਜਗਦੀਸ਼ ਸਿੰਘ ਜੀ ਅੰਮ੍ਰਿਤਸਰ ਵਾਲਿਆਂ ਦਾ ਢਾਡੀ ਜੱਥਾ, ਸੰਤ ਬਾਬਾ ਪਰਮਪ੍ਰੀਤ ਸਿੰਘ ਜੀ, ਭਾਈ ਬਲਜਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲੇ, ਭਾਈ ਜਤਿੰਦਰ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਭਾਈ ਮਨਦੀਪ ਸਿੰਘ, ਭਾਈ ਸੰਦੀਪ ਸਿੰਘ ਜੀ ਅਨੰਦਪੁਰ ਸਾਹਿਬ ਵਾਲਿਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਗੁਰਨਾਮ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਦਸਵੀਂ ਦੇ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਰੀ ਦਿੱਤੀ ਗਈ । ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ।
Leave a Reply