ਸੁਖਬੀਰ ਬਾਦਲ ਦੀ ਅਗਵਾਈ ‘ਚ ਹਰ ਸੰਕਟ ‘ਚ ਕਿਸਾਨਾਂ ਦੇ ਨਾਲ ਅਕਾਲੀ ਦਲ,ਸਰਕਾਰ ਮੁੜ ਨਾਕਾਮ– ਬ੍ਰਹਮਪੁਰਾ

ਸੁਖਬੀਰ ਬਾਦਲ ਦੀ ਅਗਵਾਈ ‘ਚ ਹਰ ਸੰਕਟ ‘ਚ ਕਿਸਾਨਾਂ ਦੇ ਨਾਲ ਅਕਾਲੀ ਦਲ,ਸਰਕਾਰ ਮੁੜ ਨਾਕਾਮ– ਬ੍ਰਹਮਪੁਰਾ

'ਹੜ੍ਹਾਂ ਤੋਂ ਬਾਅਦ ਹੁਣ ਗੜ੍ਹੇਮਾਰੀ ਵਿੱਚ ਵੀ ‘ਆਪ’ ਸਰਕਾਰ ਨੇ ਕਿਸਾਨਾਂ ਨੂੰ ਛੱਡਿਆ ਬੇਸਹਾਰਾ– ਬ੍ਰਹਮਪੁਰਾ
ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,8 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿੱਚ ਹਲਕਾ ਇੰਚਾਰਜਾਂ ਦੀ ਮਹੱਤਵਪੂਰਨ ਮੀਟਿੰਗ ਹੋਈ।ਇਸ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਵੱਲੋਂ ਹਰ ਹਲਕਾ ਇੰਚਾਰਜ ਨੂੰ ਆਪਣੇ-ਆਪਣੇ ਹਲਕਿਆਂ ਵਿੱਚ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ 250 ਕਵਿੰਟਲ ਕਣਕ ਮੁਹੱਈਆ ਕਰਵਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।ਇਸ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਡੂਰ ਸਾਹਿਬ ਹਲਕੇ ਵਲੋਂ ਜਲਦ 250 ਕਵਿੰਟਲ ਕਣਕ ਪ੍ਰਭਾਵਿਤ ਕਿਸਾਨਾਂ ਤੱਕ ਪਹੁੰਚਾਈ ਜਾਵੇਗੀ ਅਤੇ ਇਹ ਮਦਦ ਪਾਰਟੀ ਵੱਲੋਂ ਨਿਰਧਾਰਤ ਕੇਂਦਰਾਂ ਰਾਹੀਂ ਵੰਡ ਕੀਤੀ ਜਾਵੇਗੀ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 'ਆਪ' ਸਰਕਾਰ 'ਤੇ ਵਰ੍ਹਦਿਆਂ ਸ੍ਰ.ਬ੍ਰਹਮਪੁਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਕਿਸਾਨਾਂ ਨਾਲ ਧੋਖਾ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਪਿਛਲੀ ਵਾਰ ਹੜ੍ਹਾਂ ਦਾ ਹਵਾਲਾ ਦਿੰਦਿਆਂ ਯਾਦ ਕਰਵਾਇਆ ਕਿ ਜਦੋਂ ਪੰਜਾਬ ਭਿਆਨਕ ਹੜ੍ਹਾਂ ਦੀ ਮਾਰ ਹੇਠ ਸੀ, ਉਦੋਂ ਵੀ ਇਸ ਸਰਕਾਰ ਨੇ ਕਿਸਾਨਾਂ ਨੂੰ ਬੇਸਹਾਰਾ ਛੱਡ ਦਿੱਤਾ ਸੀ।ਹੜ੍ਹਾਂ ਕਾਰਨ ਖੇਤਾਂ ਵਿੱਚ ਜਮ੍ਹਾਂ ਹੋਈ ਭਾਰੀ ਰੇਤ ਕੱਢਣ ਅਤੇ ਜ਼ਮੀਨ ਨੂੰ ਮੁੜ ਵਾਹੀਯੋਗ ਬਣਾਉਣ ਲਈ ਅਕਾਲੀ ਦਲ ਨੇ 50,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਸੀ ਪਰ ਸਰਕਾਰ ਸਿਰਫ਼ 'ਵਿਚਾਰ ਕਰਨ' ਦਾ ਝਾਂਸਾ ਦੇ ਕੇ ਮੁੱਕਰ ਗਈ।ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਅੱਜ ਫ਼ਿਰ ਉਹੀ ਇਤਿਹਾਸ ਦੁਹਰਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਕ ਪਾਸੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਗੁਜਰਾਤ ਜਾ ਕੇ 50,000 ਰੁਪਏ ਮੁਆਵਜ਼ੇ ਦੇ ਝੂਠੇ ਦਾਅਵੇ ਕਰ ਰਹੇ ਹਨ,ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਪਿਛਲੇ ਹੜ੍ਹਾਂ ਦਾ ਵੀ ਹਾਲੇ ਤੱਕ ਇਕ ਧੇਲਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹੁਣ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਕਮਰ ਤੋੜ ਦਿੱਤੀ ਹੈ ਪਰ ਸਰਕਾਰ ਨੇ ਕਿਸਾਨਾਂ ਨੂੰ ਰੱਬ ਆਸਰੇ ਛੱਡ ਦਿੱਤਾ ਹੈ,ਜਿਸ ਕਾਰਨ ਸ.ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੰਕਟਮੋਚਕ ਬਣ ਕੇ ਅੱਗੇ ਆਉਣਾ ਪਿਆ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਆਪਣੇ ਅੰਨਦਾਤੇ ਦੇ ਨਾਲ ਖੜ੍ਹਾ ਹੈ।ਅੰਤ ਵਿੱਚ ਸ੍ਰ.ਬ੍ਰਹਮਪੁਰਾ ਨੇ ਹਲਕਾ ਖਡੂਰ ਸਾਹਿਬ ਦੇ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪੋ-ਆਪਣੇ ਪਿੰਡਾਂ ਵਿੱਚ ਹੋਏ ਨੁਕਸਾਨ ਦੀ ਮੁਕੰਮਲ ਰਿਪੋਰਟ ਤਿਆਰ ਕਰਕੇ ਪਾਰਟੀ ਨੂੰ ਸੌਂਪਣ,ਤਾਂ ਜੋ ਜਲਦ ਤੋਂ ਜਲਦ ਪ੍ਰਭਾਵਿਤ ਪਰਿਵਾਰਾਂ ਤੱਕ ਬਣਦੀ ਮਦਦ ਪਹੁੰਚਾਈ ਜਾ ਸਕੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.